DC Mansa

Directions

DC Mansa Official Page Of District Administration Mansa

10/10/2026
ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਅਨਾਜ ਮੰਡੀ ਮਾਨਸਾ ਦਾ ਦੌਰਾਕਿਸਾਨਾਂ ਦੀ ਸੁਵਿਧਾ ਅਤੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਕਿਸਾਨਾਂ ਨੂੰ ਮੰਡੀਆਂ...
09/10/2026

ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਅਨਾਜ ਮੰਡੀ ਮਾਨਸਾ ਦਾ ਦੌਰਾ

ਕਿਸਾਨਾਂ ਦੀ ਸੁਵਿਧਾ ਅਤੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ

ਮਾਨਸਾ, 9 ਅਕਤੂਬਰ:

ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਅਤੇ ਨਰਮੇ ਦੀ ਆਮਦ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਅੱਜ ਅਨਾਜ ਮੰਡੀ ਮਾਨਸਾ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕੇਵਲ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ ਕੀਤੀ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਸਮੇਤ ਝੋਨੇ ਦੇ ਨਾਲ-ਨਾਲ ਚਿੱਟੇ ਸੋਨੇ ਭਾਵ ਨਰਮੇ ਦੀ ਫਸਲ ਦੀ ਆਮਦ ਦਾ ਵੀ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਖਰੀਦ ਪ੍ਰਕਿਰਿਆ ਵਿੱਚ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਕਿ ਮੰਡੀ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਮੰਡੀ ਅੰਦਰ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਲਾਈਟਾਂ ਅਤੇ ਬਾਰਦਾਨੇ ਦੀ ਉਪਲਬਧਤਾ ਦਾ ਵਿਸ਼ੇਸ਼ ਤੌਰ 'ਤੇ ਨਿਰੀਖਣ ਕੀਤਾ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਦੀ ਮੰਡੀ ਵਿੱਚ ਆਈ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕਿਸਾਨਾਂ ਨੂੰ ਅਦਾਇਗੀ ਸਮੇਂ ਸਿਰ ਮਿਲੇ ਅਤੇ ਉਨ੍ਹਾਂ ਨੂੰ ਮੰਡੀਆਂ ਵਿੱਚ ਰੁਕਣਾ ਨਾ ਪਵੇ।

ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕੀਟ ਕਮੇਟੀ ਰਮੇਸ਼ ਖਿਆਲਾ, ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ, ਜ਼ਿਲ੍ਹਾ ਮੰਡੀ ਅਫ਼ਸਰ ਅਮਨ ਮੰਗਲਾ ਤੇ ਮਾਰਕੀਟ ਕਮੇਟੀ ਦੇ ਨੁਮਾਇੰਦੇ ਵੀ ਹਾਜ਼ਰ ਸਨ।

ਡੀਸੀ ਨਵਜੋਤ ਕੌਰ ਅਤੇ ਐਸਐਸਪੀ ਵੈਭਵ ਚੌਧਰੀ ਵੱਲੋਂ ਮਾਨਸਾ ਜ਼ਿਲ੍ਹੇ ਨੂੰ ਪਰਾਲੀ ਪ੍ਰਬੰਧਨ ਪੱਖੋਂ ਮੋਹਰੀ ਬਣਾਉਣ ਦਾ ਸੱਦਾਪਰਾਲੀ ਸਾੜਨ ਤੋਂ ਰੋਕਣ ...
08/10/2026

ਡੀਸੀ ਨਵਜੋਤ ਕੌਰ ਅਤੇ ਐਸਐਸਪੀ ਵੈਭਵ ਚੌਧਰੀ ਵੱਲੋਂ ਮਾਨਸਾ ਜ਼ਿਲ੍ਹੇ ਨੂੰ ਪਰਾਲੀ ਪ੍ਰਬੰਧਨ ਪੱਖੋਂ ਮੋਹਰੀ ਬਣਾਉਣ ਦਾ ਸੱਦਾ

ਪਰਾਲੀ ਸਾੜਨ ਤੋਂ ਰੋਕਣ ਲਈ 244 ਨੋਡਲ ਅਫ਼ਸਰ, 54 ਸਰਕਲ ਅਫ਼ਸਰ, 3 ਪਰਾਲੀ ਪ੍ਰੋਟੈਕਸ਼ਨ ਫੋਰਸ ਮੁਸਤੈਦੀ ਨਾਲ ਸਰਗਰਮ

ਡਰੋਨਾਂ ਰਾਹੀਂ ਵੀ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ

ਕਿਸਾਨ ਵਾਤਾਵਰਨ ਦੇ ਰਾਖੇ ਬਣ ਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਹਤਮੰਦ ਰੱਖਣ ਵਿਚ ਯੋਗਦਾਨ ਪਾਉਣ: ਨਵਜੋਤ ਕੌਰ

ਪਰਾਲੀ ਸਾੜਨ ਦੇ ਮਾਮਲੇ ਵਿੱਚ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾਵੇਗੀ

ਨੋਡਲ ਅਫਸਰਾਂ ਤੇ ਸਰਕਲ ਅਫਸਰਾਂ ਨੂੰ ਆਪੋ ਆਪਣੇ ਇਲਾਕੇ 'ਚ ਤਾਇਨਾਤ ਰਹਿਣ ਦੇ ਸਖਤ ਆਦੇਸ਼

ਖੇਤੀਬਾੜੀ ਵਿਕਾਸ ਅਫ਼ਸਰ ਹਰ ਕਿਸਾਨ ਨਾਲ ਰਾਬਤਾ ਰੱਖਣ, ਸਬਸਿਡੀ ਵਾਲੀ ਖੇਤੀ ਮਸ਼ੀਨਰੀ ਹਰ ਲੋੜਵੰਦ ਕਿਸਾਨ ਨੂੰ ਸਮੇਂ ਸਿਰ ਮੁਹਈਆ ਕਰਵਾਈ ਜਾਵੇ

ਮਾਨਸਾ, 8 ਅਕਤੂਬਰ:

ਜ਼ਿਲ੍ਹੇ ਵਿੱਚ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਅਤੇ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਰੁਝਾਨ ਨੂੰ ਮੁਕੰਮਲ ਤੌਰ 'ਤੇ ਠੱਲ੍ਹ ਪਾਉਣ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐਸ.ਐਸ.ਪੀ. ਵੈਭਵ ਚੌਧਰੀ ਨੇ ਸਖ਼ਤ ਪ੍ਰਸ਼ਾਸਨਿਕ ਰੁਖ਼ ਅਪਣਾਉਂਦਿਆਂ ਮਾਨਸਾ ਨੂੰ ਪਰਾਲੀ ਪ੍ਰਬੰਧਨ ਪੱਖੋਂ ਸੂਬੇ ਦਾ ਮੋਹਰੀ ਜ਼ਿਲ੍ਹਾ ਬਣਾਉਣ ਦਾ ਸੱਦਾ ਦਿੱਤਾ ਹੈ।

ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਾਤਾਵਰਨ ਦੇ ਅਸਲ ਰਾਖੇ ਬਣ ਕੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ, ਸਗੋਂ ਇਸ ਦਾ ਸੁਚੱਜਾ ਪ੍ਰਬੰਧ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਨ ਦੇਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ 244 ਨੋਡਲ ਅਫ਼ਸਰ, 54 ਸਰਕਲ ਅਫ਼ਸਰ, 3 ਪਰਾਲੀ ਪ੍ਰੋਟੈਕਸ਼ਨ ਫੋਰਸ 24 ਘੰਟੇ ਸਰਗਰਮ ਹਨ ਅਤੇ ਡਰੋਨਾਂ ਰਾਹੀਂ ਵੀ ਖੇਤਾਂ ਉਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਖੇਤੀਬਾੜੀ ਵਿਕਾਸ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਹਰ ਕਿਸਾਨ ਨਾਲ ਨਿਰੰਤਰ ਰਾਬਤਾ ਰੱਖਣ ਅਤੇ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਸਬਸਿਡੀ ਵਾਲੀ ਖੇਤੀ ਮਸ਼ੀਨਰੀ ਹਰ ਲੋੜਵੰਦ ਕਿਸਾਨ ਤੱਕ ਸਮੇਂ ਸਿਰ ਪਹੁੰਚਾਈ ਜਾਵੇ।

ਇਸ ਪ੍ਰਬੰਧ ਨੂੰ ਜ਼ਮੀਨੀ ਪੱਧਰ 'ਤੇ ਸਫ਼ਲ ਬਣਾਉਣ ਲਈ ਜ਼ਿਲ੍ਹੇ ਦੇ ਸਮੂਹ ਨੋਡਲ ਅਫ਼ਸਰਾਂ ਅਤੇ ਸਰਕਲ ਅਫ਼ਸਰਾਂ ਨੂੰ ਸਖ਼ਤ ਆਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਤਾਇਨਾਤ ਰਹਿ ਕੇ ਸਥਿਤੀ ਉੱਤੇ ਬਾਜ਼ ਅੱਖ ਰੱਖਣਗੇ, ਤਾਂ ਜੋ ਕਿਸੇ ਵੀ ਥਾਂ 'ਤੇ ਪਰਾਲੀ ਨੂੰ ਅੱਗ ਲੱਗਣ ਦੀ ਘਟਨਾ ਨਾ ਵਾਪਰ ਸਕੇ।

ਡੀਸੀ ਤੇ ਐਸਐਸਪੀ ਨੇ ਸਮੂਹ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਦੇ ਵਿਗਿਆਨਕ ਪ੍ਰਬੰਧਨ ਨੂੰ ਅਪਣਾਉਣ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐਸ.ਐਸ.ਪੀ. ਵੈਭਵ ਚੌਧਰੀ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪ੍ਰਸ਼ਾਸਨ ਵੱਲੋਂ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾਵੇਗੀ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਹਦਾਇਤ ਕੀਤੀ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਨਿਰੰਤਰ ਝੋਨੇ ਦੇ ਸਮੁੱਚੇ ਵਾਢੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਤਸਾਹਿਤ ਕਰਨਗੇ। ਉਹਨਾਂ ਨੇ ਡੀਡੀਪੀਓ ਨੂੰ ਹਦਾਇਤ ਕੀਤੀ ਕਿ ਸਾਰੀਆਂ ਗ੍ਰਾਮ ਪੰਚਾਇਤਾਂ ਨਾਲ ਰਾਬਤਾ ਰੱਖਦੇ ਹੋਏ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਗਰੂਕ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਫੀਲਡ ਵਿੱਚ ਮੌਜੂਦ ਰਹਿਣ ਅਤੇ ਕਿਸੇ ਥਾਂ ਉੱਤੇ ਪਰਾਲੀ ਸਾੜਨ ਦਾ ਮਾਮਲਾ ਸਾਹਮਣੇ ਆਉਣ ਦੀ ਸੂਰਤ ਵਿੱਚ ਫੌਰੀ ਅੱਗ ਬੁਝਾਉਣ ਦੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ।

ਜ਼ਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਨੇ ਸਮੂਹ ਡੀਐਸਪੀ ਅਤੇ ਥਾਣਾ ਮੁਖੀਆਂ ਨੂੰ ਆਦੇਸ਼ ਦਿੱਤੇ ਕਿ ਉਹ ਉਪ ਮੰਡਲ ਮੈਜਿਸਟਰੇਟ ਨਾਲ ਰਾਬਤਾ ਰੱਖਦੇ ਹੋਏ ਪਿੰਡਾਂ ਵਿੱਚ ਗਸ਼ਤ ਜਾਰੀ ਰੱਖਣ ਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਪ੍ਰੇਰਿਤ ਕੀਤਾ ਜਾਵੇ।

ਮੀਟਿੰਗ ਦੌਰਾਨ ਉਪ ਮੰਡਲ ਮੈਜਿਸਟਰੇਟ ਬਲਜੀਤ ਕੌਰ, ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗੁਰਮੀਤ ਕੁਮਾਰ, ਐਸ.ਪੀ ਹਿਨਾ ਗੁਪਤਾ, ਫਲਾਇੰਗ ਸਕੂਐਡ ਅਫ਼ਸਰ ਸੰਜੇ ਕੁਮਾਰ ਮੁਕਾਤੀ, ਐਸਡੀਓ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਹਰਮਨ ਗਿੱਲ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਸਮੇਤ ਹੋਰ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਸਮੇਤ ਸਮੂਹ ਖੇਤੀਬਾੜੀ ਵਿਕਾਸ ਅਫਸਰ ਵੀ ਹਾਜ਼ਰ ਸਨ।

ਜ਼ਿਲ੍ਹਾ ਮਾਨਸਾ ਵਿੱਚ ਐਸਆਈਆਰ ਦਾ ਕੰਮ 100 ਫ਼ੀਸਦੀ ਮੁਕੰਮਲ: ਨਵਜੋਤ ਕੌਰ12 ਅਕਤੂਬਰ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਚੋਣ ਕਮਿ...
02/10/2026

ਜ਼ਿਲ੍ਹਾ ਮਾਨਸਾ ਵਿੱਚ ਐਸਆਈਆਰ ਦਾ ਕੰਮ 100 ਫ਼ੀਸਦੀ ਮੁਕੰਮਲ: ਨਵਜੋਤ ਕੌਰ

12 ਅਕਤੂਬਰ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ

ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਾਨਸਾ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਕੰਮ ਪੂਰੀ ਪਾਰਦਰਸ਼ਤਾ ਅਤੇ ਸਫਲਤਾ ਨਾਲ 100 ਫ਼ੀਸਦੀ ਮੁਕੰਮਲ ਕਰ ਲਿਆ ਗਿਆ ਹੈ। ਇਸ ਮਹੱਤਵਪੂਰਨ ਪ੍ਰਾਪਤੀ 'ਤੇ ਜ਼ਿਲ੍ਹਾ ਚੋਣ ਅਫ਼ਸਰ -ਕਮ -ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਇਸ ਕਾਰਜ ਵਿੱਚ ਦਿਨ-ਰਾਤ ਜੁਟੇ ਸਮੂਹ ਚੋਣ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਕੁੱਲ 69,643 ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ। ਇਨ੍ਹਾਂ ਵਿੱਚੋਂ 69,324 ਵੋਟਰਾਂ ਵੱਲੋਂ ਆਪਣੇ ਇਤਰਾਜ਼ਾਂ ਨੂੰ ਦੂਰ ਕਰਨ ਲਈ ਸਮੇਂ ਸਿਰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਗਏ ਹਨ, ਜਦਕਿ 319 ਵੋਟਰਾਂ ਨੂੰ ਮ੍ਰਿਤਕ, ਪਤਾ ਬਦਲਣ ਜਾਂ ਇਸੇ ਤਰ੍ਹਾਂ ਦੀਆਂ ਹੋਰ ਸ਼੍ਰੇਣੀਆਂ ਤਹਿਤ ਨਿਯਮਾਂ ਅਨੁਸਾਰ ਵੋਟਰ ਵਜੋਂ ਰਜਿਸਟਰਡ ਨਹੀਂ ਕੀਤਾ ਜਾ ਸਕਿਆ।

ਆਮ ਲੋਕਾਂ ਦੀ ਸਹੂਲਤ ਲਈ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਡੀ.ਸੀ. ਕੰਪਲੈਕਸ ਅਤੇ ਹਲਕਾ ਪੱਧਰ 'ਤੇ ਸਬ-ਡਵੀਜ਼ਨ ਕੰਪਲੈਕਸ ਵਿਖੇ ਹੈਲਪ ਡੈਸਕ ਲਗਾਤਾਰ ਕਾਰਜਸ਼ੀਲ ਰਹਿਣਗੇ, ਜਿੱਥੇ ਕੋਈ ਵੀ ਨਾਗਰਿਕ ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਚੋਣ ਪ੍ਰਕਿਰਿਆ ਦੇ ਅਗਲੇ ਪੜਾਅ ਤਹਿਤ ਆਉਂਦੀ 12 ਅਕਤੂਬਰ ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਚੋਣ ਕਮਿਸ਼ਨ ਦੇ ਇਸ ਅਭਿਆਨ ਵਿੱਚ ਆਪਣਾ ਸਹਿਯੋਗ ਜਾਰੀ ਰੱਖਣ।

Address

Mansa
151505

Website

Alerts

Be the first to know and let us send you an email when DC Mansa posts news and promotions. Your email address will not be used for any other purpose, and you can unsubscribe at any time.

Shortcuts

Share